🔥 TRENDING भिनगा क्षेत्र के बेनीडिहवा और एकघरवा क... Wild Tiger Population Climbs to 3,890... देश और अपराध जगत की बड़ी ख़बरें Tamil Nadu Local Body Elections to be... Canada declares 85% of Great Bear Rain... Chennai Suburbs Get 10-12cm Rain as No...
21 Oct 2026•
ગુજરાતી मराठी ਪੰਜਾਬੀ বাংলা

ਬਠਿੰਡਾ ਵਿੱਚ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

✍️ Reporter: Jiwan kumar 🗓 21 Oct 2026, 06:35 PM 👁 20
Share: 💬 WhatsApp 📘 Facebook 𝕏 Post

ਬਠਿੰਡਾ ਪੁਲਿਸ ਲਾਈਨ ਵਿਖੇ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਡੀਆਈਜੀ ਹਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਜਵਾਨਾਂ ਦੀਆਂ ਕੁਰਬਾਨੀਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਦੀ ਰਾਖੀ ਲਈ ਪ੍ਰੇਰਨਾ ਸਰੋਤ ਹਨ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਮਾਜ ਦੀ ਜ਼ਿੰਮੇਵਾਰੀ ਨੂੰ ਯਾਦ ਕਰਵਾਇਆ, ਜਦਕਿ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।

ਡੀਆਈਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ; ਪਰਿਵਾਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ

ਬਠਿੰਡਾ, 21 ਅਕਤੂਬਰ(ਜੀਵਨ ਬਾਂਸਲ)ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਜਵਾਨਾਂ ਦੀ ਯਾਦ ਵਿੱਚ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਜ਼ਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਸਮੇਤ ਹੋਰ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰੁਨੇਸ਼ ਕੁਮਾਰ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਸਮਾਗਮ ਦੌਰਾਨ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਡੀਆਈਜੀ ਹਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ, ਭਾਈਚਾਰਕ ਸਾਂਝ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਸਮਾਜ ਇਕਜੁੱਟ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰੇ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ।
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ। ਉਨ੍ਹਾਂ ਕਿਹਾ ਕਿ ਸਮਾਜ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਦਾ ਰਿਣੀ ਰਹੇਗਾ।
ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਪੁਲਿਸ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰਾਂ ਦੇ ਜਾਇਜ਼ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ ਅਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਹਰ ਸਾਲ 21 ਅਕਤੂਬਰ ਨੂੰ ਉਨ੍ਹਾਂ ਪੁਲਿਸ ਜਵਾਨਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗਜ਼ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹਾਦਤ ਦਿੱਤੀ ਸੀ। ਉਨ੍ਹਾਂ ਦੀ ਯਾਦ ਵਿੱਚ ਦੇਸ਼ ਭਰ ਵਿੱਚ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਂਦੀਆਂ ਹਨ।
ਸਮਾਗਮ ਉਪਰੰਤ ਡੀਆਈਜੀ ਹਰਜੀਤ ਸਿੰਘ ਅਤੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
📲Get App