🔥 TRENDING Manipur Police and Army Seize Arms, Ex... Anti‑tobacco campaign launched near sc... कुशलगढ़ के DYSP चौराहे पर होटल के कथित... Manipur Road Crisis: Residents Forced... Meghalaya CM Launches 50th Wangala Fes... Shillong Teer Draw Results Released fo...
12 Nov 2026•
ગુજરાતી मराठी ਪੰਜਾਬੀ বাংলা

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ: ਪਿੰਡਾਂ ਵਿੱਚ ਲੱਗੇ ਸੀਸੀਟੀਵੀ ਕੈਮਰੇ ਤੇ ਸਟਰੀਟ ਲਾਈਟਾਂ

✍️ Reporter: Jiwan kumar 🗓 12 Nov 2026, 01:53 PM 👁 9
Share: 💬 WhatsApp 📘 Facebook 𝕏 Post

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਾਸੋ ਆਪ੍ਰੇਸ਼ਨ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਨਸ਼ਿਆਂ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਸੀਸੀਟੀਵੀ ਕੈਮਰੇ, ਸਟਰੀਟ ਲਾਈਟਾਂ ਅਤੇ ਖੇਡ ਸਹੂਲਤਾਂ ਰਾਹੀਂ ਸੁਰੱਖਿਅਤ ਮਾਹੌਲ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਬਠਿੰਡਾ, 12 ਨਵੰਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਨਸ਼ਿਆਂ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਅਤੇ ਨਸ਼ੇ ਦੀ ਵਰਤੋਂ ਲਈ ਪਛਾਣੀਆਂ ਗਈਆਂ ਥਾਵਾਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਸਬ-ਡਿਵੀਜ਼ਨ ਭੁੱਚੋ ਦੇ ਥਾਣਾ ਨੇਹੀਆਂਵਾਲਾ ਅਧੀਨ ਪੈਂਦੇ ਪਿੰਡ ਖੇਮੂਆਣਾ, ਜੀਦਾ ਅਤੇ ਹਰਰਾਏਪੁਰ ਵਿਖੇ ਬਠਿੰਡਾ ਪੁਲਿਸ ਵੱਲੋਂ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲਿਸ ਅਨੁਸਾਰ ਇਸ ਕਾਰਵਾਈ ਦਾ ਮਕਸਦ ਨਸ਼ਿਆਂ ਦੀ ਸਪਲਾਈ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਅਤੇ ਇਲਾਕੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣਾ ਹੈ।
ਇਸੇ ਤਰ੍ਹਾਂ ਪਿੰਡ ਘੁੰਮਣ ਕਲਾਂ ਵਿਖੇ ਵਿਲੇਜ ਡਿਫੈਂਸ ਕਮੇਟੀ ਅਤੇ ਪੰਚਾਇਤ ਮੈਂਬਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਕੋਲੋਂ ਪ੍ਰੈਗਾਬਾਲਿਨ ਕੈਪਸੂਲ ਬਰਾਮਦ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।
ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਹੌਟਸਪਾਟ ਇਲਾਕਿਆਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਦੀ ਲੋੜ ਅਨੁਸਾਰ ਬੁਨਿਆਦੀ ਸਹੂਲਤਾਂ ਵਿੱਚ ਵਾਧਾ ਕਰਨ ਦੇ ਨਾਲ-ਨਾਲ ਸੀਸੀਟੀਵੀ ਕੈਮਰੇ ਲਗਾਉਣ, ਸਟਰੀਟ ਲਾਈਟਾਂ ਲਗਾਉਣ, ਖੇਡ ਮੈਦਾਨਾਂ ਵਿੱਚ ਸੁਧਾਰ ਕਰਨ ਅਤੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡਣ ਵਰਗੇ ਕੰਮ ਕੀਤੇ ਜਾ ਰਹੇ ਹਨ।
ਪਿੰਡ ਹਰਰਾਏਪੁਰ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਐੱਸ.ਸੀ. ਧਰਮਸ਼ਾਲਾ ਵਿੱਚ ਲਾਈਟਾਂ ਲਗਾਈਆਂ ਗਈਆਂ। ਪਿੰਡ ਪਥਰਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ ਗਈ।
ਇਸੇ ਮੁਹਿੰਮ ਤਹਿਤ ਪਿੰਡ ਮਲੂਕਾ ਵਿਖੇ ਨਸ਼ਿਆਂ ਦੀ ਵਰਤੋਂ ਲਈ ਪਛਾਣੀਆਂ ਗਈਆਂ ਸੁੰਨੀਆਂ ਥਾਵਾਂ ਦੀ ਸਫ਼ਾਈ ਕਰਵਾਈ ਗਈ, ਤਾਂ ਜੋ ਇਨ੍ਹਾਂ ਥਾਵਾਂ ਦੀ ਗਲਤ ਵਰਤੋਂ ਰੋਕੀ ਜਾ ਸਕੇ। ਇਸ ਲੜੀ ਵਿੱਚ ਚਾਰ ਸੀਸੀਟੀਵੀ ਕੈਮਰੇ ਅਤੇ 20 ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ।
ਜ਼ਿਲ੍ਹਾ ਪੁਲਿਸ ਵੱਲੋਂ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਦੀਵਾਲੀ ਦੇ ਤੋਹਫ਼ੇ ਅਤੇ ਮਠਿਆਈਆਂ ਵੰਡੀਆਂ ਗਈਆਂ।
ਇਸ ਤੋਂ ਇਲਾਵਾ ਪੁਲਿਸ ਟੀਮ ਵੱਲੋਂ ਸਥਾਨਕ ਜਿਮ ਵਿੱਚ ਜਾ ਕੇ ਨੌਜਵਾਨ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਅਤੇ ਰਿਫਰੈਸ਼ਮੈਂਟ ਦਿੱਤੀ ਗਈ। ਕ੍ਰਿਕਟ ਖੇਡ ਰਹੇ ਬੱਚਿਆਂ ਨੂੰ ਖੇਡਾਂ ਨਾਲ ਸਬੰਧਤ ਸਮਾਨ, ਸਿਹਤਮੰਦ ਖੁਰਾਕ ਅਤੇ ਫਲ ਵੰਡੇ ਗਏ।
ਭੁੱਚੋ ਮੰਡੀ ਵਿਖੇ ਅਕਾਲ ਫਿਜ਼ੀਕਲ ਅਕੈਡਮੀ ਵਿੱਚ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਫਲ ਵੰਡੇ ਗਏ। ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
📲Get App